ਨਿਊਯਾਰਕ(ਪੰਜਾਬੀ ਅਖ਼ਬਾਰ ਬਿਊਰੋ) ਅਮਰੀਕਾ ਦੀ ਇੱਕ ਅਦਾਲਤ ਨੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਕੀਤੇ ਇੱਕ ਸਿਵਲ ਕੇਸ ਵਿੱਚ ਭਾਰਤ ਸਰਕਾਰ ਨੂੰ ਸੰਮਨ ਜਾਰੀ ਕੀਤਾ ਹੈ। ਇਹ ਸੰਮਨ ਨਿਊ ਯਾਰਕ ਦੀ ਅਦਾਲਤ ਵੱਲੋਂ ਜਾਰੀ ਕੀਤੇ ਗਏ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੇਸ ਵਿੱਚ ਦਾਇਰ ਇਲਜ਼ਾਮਾਂ ਨੂੰ ਖਾਰਿਜ ਕੀਤਾ ਹੈ। ਪੰਨੂ ਵੱਲੋਂ ਦਾਇਰ ਕੀਤੇ ਮੁਕੱਦਮੇ ਵਿੱਚ ਇਲਜ਼ਾਮ ਲਗਾਏ ਗਏ ਹਨ ਕਿ ਉਸ ਦੀ ਹੱਤਿਆ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।
18 ਸਤੰਬਰ ਨੂੰ ਜਾਰੀ ਕੀਤੇ ਸੰਮਨ ਵਿੱਚ ਅਜੀਤ ਡੋਵਾਲ, ਭਾਰਤੀ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਮੁਖੀ ਸਮੰਤ ਗੋਇਲ, ਰਾਅ ਦੇ ਏਜੰਟ ਵਿਕਰਮ ਯਾਦਵ ਅਤੇ ਭਾਰਤੀ ਕਾਰੋਬਾਰੀ ਨਿਖਿਲ ਗੁਪਤਾ ਦਾ ਨਾਂ ਵੀ ਸ਼ਾਮਲ ਹੈ। ਬਚਾਅ ਪੱਖ ਨੂੰ 21 ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ।
ਇਨ੍ਹਾਂ ਸੰਮਨਾਂ ‘ਤੇ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ, ਕਿ ਅਸੀਂ ਪਹਿਲਾਂ ਵੀ ਕਿਹਾ ਹੈ ਕਿ ਇਹ ਪੂਰੀ ਤਰ੍ਹਾਂ ਨਾਲ ਬੇਬੁਨਿਆਦ ਇਲਜ਼ਾਮ ਹਨ। ਇਹ ਜੋ ਕੇਸ ਦਾਇਰ ਕੀਤਾ ਗਿਆ ਹੈ, ਇਸ ਨਾਲ ਸਾਡੀ ਸੋਚ ਵਿੱਚ ਕੋਈ ਬਦਲਾਅ ਨਹੀਂ ਆਵੇਗਾ। ਇਸ ਕੇਸ ਨੂੰ ਦਾਇਰ ਕਰਨ ਵਾਲਾ ਵਿਅਕਤੀ ਗੈਰ-ਕਾਨੂੰਨੀ ਸੰਗਠਨ ਦੀ ਨੁਮਾਇੰਦਗੀ ਕਰਦਾ ਹੈ ਜਿਸ ਨੂੰ ਯੂਏਪੀਏ 1967 ਤਹਿਤ ਗੈਰ-ਕਾਨੂੰਨੀ ਐਲਾਨਿਆ ਗਿਆ ਹੈ।”